ਸ਼ੰਭੂ ਬਾਰਡਰ ‘ਤੇ ਰੋਕੇ ਗਏ ਕਿਸਾਨਾਂ ਦੇ ਹੱਕ ਵਿੱਚ ਆਏ ਰਾਹੁਲ ਗਾਂਧੀ

ਕਿਸਾਨਾਂ ਅਤੇ ਮਜ਼ਦੂਰਾਂ ਦੇ ਪਹਿਲੇ ਜਥੇ ਨੇ ਦੁਪਹਿਰ 1 ਵਜੇ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਦੀ ਕੋਸ਼ਿਸ਼ ਕੀਤੀ ਸੀ ਪਰ ਅੱਗੇ ਕਈ ਫੁੱਟ ਉੱਚੀ ਬੈਰੀਕੇਡਿੰਗ ਕੀਤੀ ਹੋਈ ਹੈ, ਕਿਸਾਨਾਂ ਨੂੰ ਖਦੇੜਣ ਲਈ ਹੰਝੂ ਗੈਸ ਦੇ ਗੋਲੇ ਵੀ ਛੱਡੇ ਗਏ ਹਨ। ਸ਼ੰਭੂ ਬਾਰਡਰ ‘ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਉਨ੍ਹਾਂ ਮੁਤਾਬਕ ਹਰਿਆਣਾ ਵਾਲੇ ਪਾਸੇ ਤੋਂ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ।
ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਆਪਣੇ ਫੇਸਬੁੱਕ ਖਾਤੇ ‘ਤੇ ਕਿਸਾਨਾਂ ਨੂੰ ਲੈ ਕੇ ਪੋਸਟ ਸਾਂਝੀ ਕੀਤੀ ਹੈ। ਇਸ ਵਿੱਚ ਉਨ੍ਹਾਂ ਲਿਖਿਆ, “ਕਿਸਾਨ ਸਰਕਾਰ ਦੇ ਸਾਹਮਣੇ ਆਪਣੀਆਂ ਮੰਗਾਂ ਰੱਖਣ ਅਤੇ ਆਪਣੀਆਂ ਮੁਸ਼ਕਲਾਂ ਨੂੰ ਦੱਸਣ ਲਈ ਦਿੱਲੀ ਆਉਣਾ ਚਾਹੁੰਦੇ ਹਨ। ਉਨ੍ਹਾਂ ਉਪਰ ਅੱਥਰੂ ਗੈਸ ਦੇ ਗੋਲੇ ਦਾਗਣਾ ਅਤੇ ਉਨ੍ਹਾਂ ਨੂੰ ਤਰ੍ਹਾਂ-ਤਰ੍ਹਾਂ ਨਾਲ ਰੋਕਣ ਦਾ ਯਤਨ ਕਰਨਾ ਨਿੰਦਣਯੋਗ ਹੈ। ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਾ ਚਾਹੀਦਾ ਹੈ।”
“ਅੰਨਦਾਤਾਵਾਂ ਦੀ ਤਕਲੀਫ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਅੱਜ ਦੇਸ਼ ਵਿੱਚ ਹਰ ਘੰਟੇ ਇੱਕ ਕਿਸਾਨ ਖੁਦਕੁਸ਼ੀ ਕਰਨ ਨੂੰ ਮਜਬੂਰ ਹੁੰਦਾ ਹੈ। ਮੋਦੀ ਸਰਕਾਰ ਦੀ ਘੋਰ ਲਾਪਰਵਾਹੀ ਦੇ ਕਾਰਨ ਪਹਿਲੇ ਕਿਸਾਨ ਅੰਦੋਲਨ ਵਿੱਚ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਨੂੰ ਵੀ ਦੇਸ਼ ਭੁੱਲਿਆ ਨਹੀਂ ਹੈ।”
“ਅਸੀਂ ਕਿਸਾਨਾਂ ਦੇ ਦਰਦ ਨੂੰ ਸਮਝਦੇ ਹਾਂ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹਾਂ। ਐੱਮਐੱਸਪੀ ਦੀ ਕਾਨੂੰਨੀ ਗਰੰਟੀ, ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ਾਂ ਦੇ ਅਨੁਸਾਰ ਖੇਤੀ ਦੀ ਵਿਆਪਕ ਲਾਗਤ ਦਾ 1.5 ਗੁਣਾ ਐੱਮਐੱਸਪੀ, ਕਰਜ਼ ਮੁਆਫੀ ਸਣੇ ਸਾਰੀਆਂ ਮੰਗਾਂ ‘ਤੇ ਸਰਕਾਰ ਨੂੰ ਤੁਰੰਤ ਅਮਲ ਕਰਨਾ ਚਾਹੀਦਾ।”
“ਜਦੋਂ ਅੰਨਦਾਤਾ ਖੁਸ਼ਹਾਲ ਹੋਣਗੇ ਉਦੋਂ ਹੀ ਦੇਸ਼ ਖੁਸ਼ਹਾਲ ਹੋਵੇਗਾ।”